ਕਾਂਗਰਸ ਤੇ ਆਪ ਅਣਅਧਿਕਾਰਤ ਗਠਜੋੜ ਬਣਾ ਕੇ ਲੋਕਾਂ ਨੂੰ ਮੂਰਖ ਬਣਾਉਣਾ ਚਾਹੁੰਦੇ ਹਨ : ਹਰਸਿਮਰਤ ਕੌਰ ਬਾਦਲ
ਮੁੱਖ ਮੰਤਰੀ ’ਤੇ ਕੀਤਾ ਤਿੱਖਾ ਹਮਲਾ,ਕਿਹਾ ਕਿ ਆਪ ਸਰਕਾਰ ਨੇ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਹਰ ਮੁਹਾਜ਼ ’ਤੇ ਪੰਜਾਬੀਆਂ ਨੂੰ ਫੇਲ੍ਹ ਕਰ ਕੇ ਹੁਣ ਪੰਜਾਬ ਵਿਚ ਅਣਅਧਿਕਾਰਤ ਗਠਜੋੜ ਬਣਾ ਕੇ ਵੋਟਰਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਵਿਚ ਲੱਗੀਆਂ ਹਨ। ਉਹਨਾਂ ਬੁਢਲਾਡਾ ਵਿਧਾਨ ਸਭਾ ਹਲਕੇ ਦੇ ਅਨੇਕਾਂ ਪਿੰਡਾਂ ਵਿਚ ਇਕੱਠਾਂ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਅਤੇ ਘਰ ਘਰ ਨੌਕਰੀ ਦਾ ਵਾਅਦਾ ਕੀਤਾ ਸੀ ਪਰ ਕੀਤਾ ਕੱਖ ਵੀ ਨਹੀਂ ਗਿਆ। ਇਸੇ ਤਰੀਕੇ ਆਪ ਸਰਕਾਰ ਨੇ ਕੁਝ ਹੀ ਹਫਤਿਆਂ ਵਿਚ ਨਸ਼ੇ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਇਸਦੇ ਵਿਧਾਇਕ ਨਸ਼ਾ ਤਸਕਰਾਂ ਨਾਲ ਰਲ ਗਏ ਹਨ ਤੇ ਸਮੁੱਚੀ ਪੀੜੀ ਹੀ ਖਤਮ ਹੋ ਰਹੀ ਹੈ। ਸ਼੍ਰੀਮਤੀ ਬਾਦਲ ਨੇ ਕਿਹਾ ਕਿ ਦੋਵੇਂ ਸਰਕਾਰਾਂ ਬੇਅਦਬੀ ਦੇ ਕੇਸਾਂ ਨੂੰ ਰੋਕਣ ਤੇ ਹੱਲ ਕਰਨ ਵਿਚ ਨਾਕਾਮ ਰਹੀਆਂ ਹਨ। ਦੋਵਾਂ ਸਰਕਾਰਾਂ ਨੇ ਅਕਾਲੀ ਦਲ ’ਤੇ ਬੇਅਦਬੀ ਕਰਨ ਦੇ ਦੋਸ਼ ਲਗਾਏ ਸਨ ਪਰ ਹੁਣ ਇਹਨਾਂ ਨੇ ਬੇਅਦਬੀ ਕੇਸ ਪੰਜਾਬ ਤੋਂ ਬਾਹਰ ਤਬਦੀਲ ਕਰਵਾ ਦਿੱਤੇ ਹਨ ਅਤੇ ਮੁਲਜ਼ਮਾਂ ਨੂੰ ਜ਼ਮਾਨਤਾਂ ਮਿਲ ਗਈਆਂ ਹਨ। ਉਹਨਾਂ ਕਿਹਾ ਕਿ ਸਮਾਜ ਦੇ ਹਰ ਵਰਗ ਨੇ ਕਾਂਗਰਸ ਤੇ ਆਪ ਦੇ ਹੱਥਾਂ ਵਿਚ ਸੰਤਾਪ ਹੰਢਾਹਿਆ ਹੈ। ਉਹਨਾਂ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਨੇ 2.75 ਲੱਖ ਪੰਜਾਬੀਆਂ ਨੂੰ ਰੋਜ਼ਗਾਰ ਦਿੱਤਾ ਪਰ ਕੈਪਟਨ ਅਮਰਿੰਦਰ ਸਿੰਘ ਤੇ ਭਗਵੰਤ ਮਾਨ ਸਰਕਾਰਾਂ ਨੇ ਨੌਜਵਾਨਾਂ ਨਾਲ ਧੋਖਾ ਕੀਤਾ। ਉਹਨਾਂ ਕਿਹਾ ਕਿ ਭਗਵੰਤ ਮਾਨ ਨੇ ਤਾਂ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੇ ਕਹਿਣ ’ਤੇ ਸਰਕਾਰੀ ਨੌਕਰੀਆਂ ਬਾਹਰਲਿਆਂ ਨੂੰ ਦੇ ਦਿੱਤੀਆਂ।ਪੰਜਾਬੀਆਂ ਨੂੰ ਕਾਂਗਰਸ ਤੇ ਆਪ ਦੀ ਹਮਾਇਤ ਨਾ ਕਰਨ ਦੀ ਅਪੀਲ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਕੌਮੀ ਪੱਧਰ ’ਤੇ ਗਠਜੋੜ ਹੈ ਅਤੇ ਇਹ ਚੰਡੀਗੜ੍ਹ ਵਿਚ ਵੀ ਸਾਂਝਾ ਉਮੀਦਵਾਰ ਖੜ੍ਹਾ ਕਰ ਕੇ ਲੜ ਰਹੀਆਂ ਹਨ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੋਵਾਂ ਪਾਰਟੀਆਂ ਨੂੰ ਪੁੱਛਣ ਕਿ ਪੰਜਾਬ ਲਈ ਉਹਨਾਂ ਕੀ ਕੀਤਾ ਹੈ। ਉਹਨਾਂ ਕਿਹਾ ਕਿ ਦੋਵਾਂ ਵਿਚੋਂ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਸੂਬੇ ਵਿਚ ਬਿਜਲੀ ਉਦਪਾਦਨ ਲਈ ਇਕ ਵੀ ਯੂਨਿਟ ਨਹੀਂ ਲਗਾਇਆ ਤੇ ਨਾ ਹੀ ਬੁਨਿਆਦੀ ਢਾਂਚੇ ਦਾ ਇਕ ਵੀ ਪ੍ਰਾਜੈਕਟ ਲਿਆਂਦਾ ਹੈ।ਆਪ ਸਰਕਾਰ ਦੀ ਗੱਲ ਕਰਦਿਆਂ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਸਰਕਾਰ ਪੰਜਾਬ ਦੇ ਪਿੰਡਾਂ ਵਿਚੋਂ ਚੱਲੇਗੀ ਪਰ ਉਹ ਆਪ ਰੁਝੇਵਿਆਂ ਵਿਚ ਰੁੱਝੇ ਹਨ ਅਤੇ ਕੇਜਰੀਵਾਲ ਦੀ ਸੇਵਾ ਕਰਦਿਆਂ ਹੋਰ ਰਾਜਾਂ ਵਿਚ ਆਪ ਲਈ ਪ੍ਰਚਾਰ ਕਰ ਰਹੇ ਹਨ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਸਮਾਜ ਦੇ ਹਰ ਵਰਗ ਨਾਲ ਧੋਖਾ ਕੀਤਾ ਹੈ। ਕਿਸਾਨਾਂ ਨੂੰ ਫਸਲਾਂ ਦਾ ਮੁਆਵਜ਼ਾ ਨਹੀਂ ਮਿਲਿਆ। ਮੈਡੀਕਲ ਸਟਾਫ ਅਤੇ ਪੰਜਾਬ ਪੁਲਿਸ ਮੁਲਾਜ਼ਮਾਂ ਸਮੇਤ ਸਰਕਾਰੀ ਮੁਲਾਜ਼ਮਾਂ ਨੂੰ 25 ਅਪ੍ਰੈਲ ਤੱਕ ਤਨਖਾਹਾਂ ਨਹੀਂ ਮਿਲੀਆਂ। ਸੀਵਰੇਜ ਪ੍ਰਣਾਲੀ ਸਮੇਤ ਨਾਗਰਿਕ ਸਹੂਲਤਾਂ ਦਾ ਬੁਰਾ ਹਾਲ ਹੈ ਅਤੇ ਕਮਜ਼ੋਰ ਵਰਗਾਂ ਨੂੰ ਸਮਾਜ ਭਲਾਈ ਸਕੀਮਾਂ ਦਾ ਲਾਭ ਨਹੀਂ ਦਿੱਤਾ ਜਾ ਰਿਹਾ।ਲੋਕਾਂ ਨੂੰ ਅਕਾਲੀ ਦਲ ਦੀ ਹਮਾਇਤ ਕਰਨ ਅਤੇ 2027 ਤੱਕ ਕਾਂਗਰਸ ਤੇ ਆਪ ਦੋਵਾਂ ਨੂੰ ਠੁਕਰਾ ਕੇ ਲੋਕ ਪੱਖੀ ਸਰਕਾਰ ਸਥਾਪਿਤ ਕਰਨ ਦੀ ਅਪੀਲ ਕੀਤੀ।ਉਹਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਤੁਹਾਡੇ ਨਾਲ ਖੜ੍ਹਾ ਹੈ। ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਹਮੇਸ਼ਾ ਤੁਹਾਡੀਆਂ ਮੁਸ਼ਕਿਲਾਂ ਦੇ ਹੱਲ ਲਈ ਸੰਗਤ ਦਰਸ਼ਨ ਪ੍ਰੋਗਰਾਮ ਨਾਲ ਤੁਹਾਡੇ ਦਰਾਂ ’ਤੇ ਆਉਂਦੇ ਸਨ। ਅਸੀਂ ਤੁਹਾਨੂੰ ਹਰ ਸਹੂਲਤ ਦਿੱਤੀ ਭਾਵੇਂ ਉਹ ਬੁਢਾਪਾ ਪੈਨਸ਼ਨ ਹੋਵੇ, ਸ਼ਗਨ ਸਕੀਮ, ਆਟਾ ਦਾਲ ਸਕੀਮ ਜਾਂ ਹੋਰ ਸਕੀਮਾਂ ਹੋਣ ਤੇ ਅਸੀਂ ਅਜਿਹਾ ਕਰਦਿਆਂ ਗਰੰਟੀਆਂ ਦਾ ਪ੍ਰਾਪੇਗੰਡਾ ਵੀ ਨਹੀਂ ਕੀਤਾ। ਇਸ ਮੌਕੇ ਹਲਕਾ ਬੁੱਢਲਾਡਾ ਦੇ ਇੰਚਾਰਜ਼ ਡਾ. ਨਿਸ਼ਾਨ ਸਿੰਘ ਤੇ ਸਮੁੱਚੀ ਅਕਾਲੀ ਲੀਡਰਸ਼ਿਪ ਮੌਜ਼ੂਦ ਸੀ।
