ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈ ਕੇ ਵਿਖੇ ਟ੍ਰੈਫ਼ਿਕ ਨਿਯਮਾਂ ਅਤੇ ਬਾਲ ਅਧਿਕਾਰਾਂ ਸਬੰਧੀ ਸੈਮੀਨਾਰ ਕਰਵਾਇਆ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈ ਕੇ ਵਿਖੇ ਜ਼ਿਲ੍ਹਾ ਮਾਨਸਾ ਦੇ ਪ੍ਰਸ਼ਾਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਲ ਅਧਿਕਾਰਾਂ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਜਸਵਿੰਦਰ ਸਿੰਘ ਬਰ੍ਹੇ ਨੇ ਦੱਸਿਆ ਕਿ ਇਹ ਸੈਮੀਨਾਰ ਟਰਾਂਸਪੋਰਟ ਵਿਭਾਗ ਅਤੇ ਬਾਲ ਸੁਰੱਖਿਆ ਦਫ਼ਤਰ ਵੱਲੋਂ ਬੱਚਿਆਂ ਦੀ ਭਲਾਈ ਲਈ ਲਗਾਇਆ ਗਿਆ।ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦੇ ਅਧਿਕਾਰੀ ਭੂਸ਼ਨ ਸਿੰਗਲਾ ਨੇ ਸਰਕਾਰ ਵਲੋਂ ਚਲਾਈ ਜਾ ਰਹੀ ਸੰਗਠਤ ਬਾਲ ਸੁਰੱਖਿਆ ਸਕੀਮ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਲੋੜਵੰਦ 18 ਸਾਲ ਤੱਕ ਦੀ ਉਮਰ ਦੇ ਬੱਚਿਆਂ ਲਈ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ, ਮਾਨਸਾ ਦੁਆਰਾ ਸਪੋਂਸਰਸ਼ਿਪ, ਫੋਸਟਰ ਕੇਅਰ,ਲੀਗਲੀ ਅਡਾਪਸ਼ਨ,ਸਰਕਾਰੀ ਹੋਮਾਂ ਵਿਚ ਦਾਖ਼ਲੇ ਸਬੰਧੀ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ।ਪੁਲਿਸ ਇੰਸਪੈਕਟਰ ਸੁਰੇਸ਼ ਕੁਮਾਰ ਨੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਸੰਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ । ਉਨ੍ਹਾਂ ਬੱਚਿਆਂ ਨੂੰ ਪ੍ਰੇਰਿਤ ਕਰਕੇ ਮਾਪਿਆਂ ਅਤੇ ਸਮਾਜ ਨੂੰ ਵੀ ਸੇਧ ਦੇਣ ਲਈ ਕਿਹਾ ।ਏ ਟੀ ਓ ਕਰਨਵੀਰ ਸਿੰਘ ਟਰਾਂਸਪੋਰਟ ਵਿਭਾਗ ਨੇ ਸਕੂਲੀ ਬੱਸਾਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਜਾਣਕਾਰੀ ਦਿੱਤੀ ਅਤੇ ਇਸ ਸੰਬੰਧੀ ਜਾਗਰੂਕ ਕੀਤਾ ਕਿ ਸਕੂਲ ਵੈਨਾਂ ਵਿੱਚ ਤੁਸੀਂ ਕੀ ਕੁੱਝ ਚੈੱਕ ਕਰਨਾ ਹੈ ਅਤੇ ਉਨ੍ਹਾਂ ਬੱਚਿਆਂ ਤੋਂ ਯੋਗ ਸਹੂਲਤਾਂ ਬਾਰੇ ਸਵਾਲ ਪੁੱਛੇ ਅਤੇ ਉਨ੍ਹਾਂ ਵੱਲੋਂ ਕੀਤੇ ਸਵਾਲਾਂ ਦੇ ਜਵਾਬ ਦਿੱਤੇ ਅਤੇ ਸਕੂਲ ਪ੍ਰਿੰਸੀਪਲ ਨੂੰ ਵਾਹਨ ਪਾਲਿਸੀ ਲਾਗੂ ਕਰਨ ਲਈ ਬੇਨਤੀ ਕੀਤੀ।ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਰਾਹੀਂ ਸਕੂਲੀ ਬੱਸਾਂ ਦੀ ਚੈਕਿੰਗ ਵੱਡੇ ਪੱਧਰ 'ਤੇ ਕੀਤੀ ਜਾ ਰਹੀ ਹੈ,ਜਿਸ ਦੇ ਤਹਿਤ ਹੀ ਇਸ ਸਕੂਲ ਵਿੱਚ ਇਹ ਸੈਮੀਨਾਰ ਕੀਤਾ ਗਿਆ ਹੈ ਅਤੇ ਇਸ ਮੌਕੇ ਸਕੂਲ ਵੈਨਾਂ ਦੀ ਬੜੀ ਬਰੀਕੀ ਨਾਲ ਚੈਕਿੰਗ ਕੀਤੀ ਗਈ।ਸਕੂਲ ਦੇ ਵੈਨ ਡਰਾਈਵਰ ਅਤੇ ਕੰਡਕਟਰਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਤਾੜਨਾ ਕੀਤੀ ।ਸਕੂਲ ਪ੍ਰਿੰਸੀਪਲ ਨੇ ਵੱਖ-ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ ਦਾ ਸਵਾਗਤ ਕੀਤਾ ਅਤੇ ਬੱਚਿਆਂ ਨੂੰ ਇਸ ਕੈਂਪ ਵਿੱਚ ਦਿੱਤੀ ਜਾਣਕਾਰੀ ਤੇ ਅਮਲ ਕਰਨ ਲਈ ਪ੍ਰੇਰਿਤ ਕੀਤਾ।ਇਸ ਸਮੇਂ ਟਰਾਂਸਪੋਰਟ ਵਿਭਾਗ ਤੋਂ ਗੁਰਵਿੰਦਰ ਸਿੰਘ,ਇਸ਼ਵਰਜੀਤ ਸਿੰਘ,ਸਕੂਲ ਸਟਾਫ਼ ਅਤੇ ਸਕੂਲ ਦੇ ਵੈਨ ਡਰਾਈਵਰ ਅਤੇ ਕੰਡਕਟਰ ਹਾਜ਼ਰ ਸਨ।
.jpeg)
.jpeg)