ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਵੱਲੋਂ 12 ਸਤੰਬਰ ਨੂੰ ਡੀ.ਜੀ.ਐਸ,ਈ ਦਫਤਰ ਦਾ ਘਿਰਾਓ
ਮੁੱਖ ਮੰਤਰੀ ਦੇ ਲਾਰਿਆਂ ਤੋਂ ਅੱਕੇ ਐਸਐਸਏ ਮਿਡ ਡੇ ਮੀਲ ਕਰਮਚਾਰੀ ਯੂਨੀਅਨ ਦੇ ਆਗੂ
ਗੁਰਵਿੰਦਰ ਸਿੰਘ ਚਹਿਲ,ਮਾਨਸਾ : ਭਗਵੰਤ ਮਾਨ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀਆ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਾ ਹੋਣ ਤੇ ਮੁਲਾਜ਼ਮਾਂ ਦਾ ਸਰਕਾਰ ਖਿਲਾਫ ਰੋਸ ਵਧਦਾ ਜਾ ਰਿਹਾ ਹੈ।ਮੁੱਖ ਮੰਤਰੀ ਵੱਲੋਂ 21 ਅਪ੍ਰੈਲ 2022 ਅਤੇ ਕੈਬਿਨਟ ਸਬ ਕਮੇਟੀ ਵੱਲੋਂ 14 ਮਾਰਚ 2024 ਨੂੰ ਮੰਗਾਂ ਮੰਨਣ ਦੇ ਬਾਵਜੂਦ ਵੀ ਵਿਭਾਗ ਵੱਲੋਂ ਮੰਗਾਂ ਨੂੰ ਅਮਲੀ ਜਾਮਾ ਨਹੀ ਪਹਿਨਾਇਆ ਗਿਆ। 14 ਮਾਰਚ ਦੀ ਮੀਟਿੰਗ ਵਿਚ ਖਜ਼ਾਨਾ ਮੰਤਰੀ ਦੇ ਆਦੇਸ਼ਾ ਅਨੁਸਾਰ ਜਥੇਬੰਦੀ ਵੱਲੋਂ ਡੀ.ਜੀ.ਐਸ.ਈ ਨੂੰ ਐਫੀਡੈਵਿਟ ਵੀ ਦਿੱਤਾ ਸੀ।ਪ੍ਰੈਸ ਬਿਆਨ ਜਾਰੀ ਕਰਦਿਆਂ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਜ਼ਿਲ੍ਹਾ ਮਾਨਸਾ ਦੇ ਆਗੂ ਨਵਨੀਤ ਕੁਮਾਰ, ਕੰਚਨ ਰਾਣੀ, ਵਰਿੰਦਰ ਕੁਮਾਰ, ਮਨੋਜ ਕੁਮਾਰ, ਨਰੇਸ਼ ਕੁਮਾਰ, ਜਸਪਾਲ ਕੁਮਾਰ, ਹਰੀਸ਼ ਕੁਮਾਰ, ਅਨੁਰਾਧਾ ਰਾਣੀ, ਸਰਬਜੀਤ ਕੌਰ, ਸ਼ਾਰਧਾ ਰਾਣੀ, ਨੈਯਨੀ ਕੁਦਲ,ਅਨੀਤਾ ਰਾਣੀ,ਸਤੀਸ਼ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਦੇ ਫੈਸਲੇ ਤੋਂ ਬਾਅਦ ਕੈਬਿਨਟ ਸਬ ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖਾਹ ਕਟੋਤੀ ਦੂਰ ਕਰਨ ਦੇ ਫੈਸਲੇ ਲੈ ਕੇ 3 ਵਾਰ ਅਧਿਕਾਰੀਆ ਨੂੰ ਆਦੇਸ਼ ਦਿੱਤੇ ਪਰ ਸੂਬੇ ਦੀ ਅਫਸਰਸ਼ਾਹੀ ਨੇ ਮੁਲਾਜ਼ਮਾਂ ਦੇ ਮਸਲਿਆ ਤੇ ਕੋਈ ਕਾਰਵਾਈ ਨਹੀ ਕੀਤੀ।ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਰੈਗੂਲਰ ਤਾਂ ਕੀ ਕਰਨਾ ਸੀ ਉਲਟਾਂ ਬਿਨ੍ਹਾ ਕਿਸੇ ਪੱਤਰ ਦੇ ਮੁਲਾਜ਼ਮਾਂ ਦੀ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਤੇ ਕੁਹਾੜਾ ਚਲਾ ਦਿੱਤਾ ਗਿਆ ਹੈ ਅਤੇ ਅੱਜ ਤੱਕ ਤਨਖਾਹ ਕਟੌਤੀ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਆਗੂਆ ਨੇ ਕਿਹਾ ਕਿ ਵਿੱਤ ਮੰਤਰੀ ਹਰ ਵਾਰ ਮੀਟਿੰਗਾਂ ਵਿਚ ਮੰਗਾਂ ਨੂੰ ਜ਼ਾਇਜ਼ ਮੰਨਦੇ ਹਨ ਪ੍ਰੰਤੂ ਸਹਿਮਤੀ ਦੇਣ ਦੇ ਬਾਵਜੂਦ ਵੀ ਕਾਰਵਾਈ ਨਹੀ ਹੁੰਦੀ।ਸਰਕਾਰ ਅਤੇ ਅਫਸਰਸ਼ਾਹੀ ਵੱਲੋਂ ਮੁਲਾਜ਼ਮਾਂ ਦੀਆ ਮੰਗਾਂ ਤੇ ਕੋਈ ਕਾਰਵਾਈ ਨਾ ਹੋਣ ਕਰਕੇ ਮੁਲਾਜ਼ਮਾਂ ਵਿਚ ਰੋਸ ਹੈ। ਆਗੂਆਂ ਨੇ ਕਿਹਾ ਕਿ ਦਫਤਰੀ ਮੁਲਾਜ਼ਮ ਮੰਗਾਂ ਤੇ ਕਾਰਵਾਈ ਨਾ ਹੋਣ ਦੇ ਰੋਸ ਵਜੋਂ 12 ਸਤੰਬਰ ਨੂੰ ਸਿੱਖਿਆ ਵਭਾਗ ਦੇ ਮੁੱਖ ਦਫਤਰ ਮੁਹਾਲੀ ਦਾ ਘਿਰਾਓ ਕਰਨਗੇ ਅਤੇ ਜੇਕਰ ਸਰਕਾਰ ਅਤੇ ਵਿਭਾਗ ਨੇ ਮੰਗਾਂ ਪ੍ਰਤੀ ਕੋਈ ਸੰਜੀਦਾ ਹੱਲ ਨਾ ਕੀਤਾ ਤਾਂ ਕੰਮਾਂ ਦਾ ਮੁਕੰਮਲ ਬਾਈਕਾਟ ਕੀਤਾ ਜਾਵੇਗਾ।