Monday, October 14, 2024

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਗ੍ਰਾਮ ਪੰਚਾਇਤ ਚੋਣਾਂ ਲਈ ਪੋਲਿੰਗ ਪਾਰਟੀਆਂ ਪਿੰਡਾਂ ਲਈ ਰਵਾਨਾ

ਗ੍ਰਾਮ ਪੰਚਾਇਤ ਚੋਣਾਂ ਲਈ ਪੋਲਿੰਗ ਪਾਰਟੀਆਂ ਪਿੰਡਾਂ ਲਈ ਰਵਾਨਾ

ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ ਭੈਅ ਤੋਂ ਕਰਨ : ਜ਼ਿਲ੍ਹਾ ਚੋਣ ਅਫ਼ਸਰ

ਗੁਰਵਿੰਦਰ ਸਿੰਘ ਚਹਿਲ, ਹੀਰੋਂ ਖ਼ੁਰਦ : ਮਾਨਸਾ ਜ਼ਿਲ੍ਹੇ ਵਿੱਚ 15 ਅਕਤੂਬਰ ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ ਪੋਲਿੰਗ ਪਾਰਟੀਆਂ ਨੂੰ ਰਿਟਰਨਿੰਗ ਅਧਿਕਾਰੀਆਂ ਵੱਲੋਂ ਵੱਖ-ਵੱਖ ਸਥਾਨਾਂ ਤੋਂ ਚੋਣ ਸਮੱਗਰੀ ਦੇ ਕੇ ਸਬੰਧਤ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ।ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 245 ਗ੍ਰਾਮ ਪੰਚਾਇਤਾਂ ਹਨ ਜਿੰਨ੍ਹਾਂ ਵਿੱਚੋਂ 21 ਗ੍ਰਾਮ ਪੰਚਾਇਤਾਂ ’ਤੇ ਸਰਬਸੰਮਤੀ ਹੋ ਗਈ ਹੈ ਅਤੇ ਬਾਕੀ 224 ਗ੍ਰਾਮ ਪੰਚਾਇਤਾਂ ’ਤੇ ਚੋਣ ਹੋਵੇਗੀ।ਇਨ੍ਹਾਂ ਚੋਣਾਂ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ 4 ਹਜ਼ਾਰ ਦੇ ਕਰੀਬ ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ,ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਨ੍ਹਾਂ ਵੋਟਾਂ ਲਈ ਮਾਨਸਾ ਜ਼ਿਲ੍ਹੇ ਦੇ 5 ਬਲਾਕਾਂ ਵਿੱਚ ਕਰੀਬ 547 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਉਸ ਤੋਂ ਬਾਅਦ ਬੂਥਾਂ ’ਤੇ ਹੀ ਵੋਟਾਂ ਦੀ ਗਿਣਤੀ ਹੋਵੇਗੀ।ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨ੍ਹਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ।