ਥਾਣਾ ਧਰਮਗੜ੍ਹ ਦੀ ਪੁਲਿਸ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਧਰਮਗੜ੍ਹ ਦੀ ਪੁਲਿਸ ਪਾਰਟੀ ਵੱਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਹੈ।ਜਾਣਕਾਰੀ ਦਿੰਦਿਆਂ ਥਾਣਾ ਧਰਮਗੜ੍ਹ ਦੇ ਮੁਖੀ ਸਬ ਇੰਸਪੈਕਟਰ ਗੁਰਪਾਲ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਮੇਵਾ ਸਿੰਘ ਦੀ ਅਗਵਾਈ ਹੇਠ ਪਿੰਡ ਸਤੌਜ ਤੋਂ ਬੀਰ ਖੁਰਦ ਰੋਡ 'ਤੇ ਗਸ਼ਤ ਦੌਰਾਨ ਇੱਕ ਵਿਅਕਤੀ ਤੀਰਥ ਸਿੰਘ ਵਾਸੀ ਕੋਟਸ਼ਮੀਰ ਨੂੰ 10 ਪੱਤੇ ਨਸ਼ੀਲੀਆਂ ਗੋਲੀਆਂ ਸਮੇਤ ਮੌਕੇ 'ਤੇ ਗ੍ਰਿਫਤਾਰ ਕੀਤਾ ਗਿਆ ਹੈ।ਉਹਨਾਂ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਥਾਣਾ ਧਰਮਗੜ੍ਹ ਵਿਖੇ ਬਣਦੀ ਧਾਰਾ ਲਗਾ ਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
