ਦਿ ਰੌਇਲ ਗਲੋਬਲ ਸਕੂਲ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਬੀਲ ਲਗਾਈ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ। ਜਿਸ ਵਿੱਚ ਵਿਦਿਆਰਥੀਆਂ ਨੇ ਭਰਪੂਰ ਜੋਸ਼ ਅਤੇ ਸ਼ਰਧਾ ਨਾਲ ਭਾਗ ਲਿਆ। ਅਧਿਆਪਕਾਂ ਨੇ ਵੀ ਇਸ ਪਵਿਤਰ ਸਮਾਗਮ ਵਿੱਚ ਆਪਣੀ ਸੇਵਾ ਦਿੱਤੀ ਅਤੇ ਬੱਚਿਆਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਬਾਲੀਦਾਨ ਬਾਰੇ ਜਾਣਕਾਰੀ ਦਿੱਤੀ। ਸਕੂਲ ਦੇ ਪ੍ਰਿੰਸੀਪਲ ਯੋਗਿਤਾ ਭਾਟੀਆ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਧਰਮ ਤੇ ਸੱਭਿਆਚਾਰ ਨਾਲ ਜੋੜਨਾ ਅੱਜ ਦੇ ਯੁੱਗ ਵਿੱਚ ਅਤਿ ਜ਼ਰੂਰੀ ਹੈ। ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਜੁਲਮ ਦੇ ਵਿਰੁੱਧ ਆਪਣੀ ਸਹੀਦੀ ਦੇ ਦਿੱਤੀ , ਤਾਂ ਸਾਡਾ ਵੀ ਫ਼ਰਜ਼ ਹੈ ਕਿ ਅਸੀਂ ਉਹਨਾਂ ਦੀ ਸ਼ਹੀਦੀ ਨੂੰ ਯਾਦ ਰੱਖੀਏ ਉਹਨਾਂ ਦੀਆਂ ਸਿੱਖਿਆਵਾਂ ' ਤੇ ਚੱਲੀਏ। ਵਿਦਿਆਰਥੀਆਂ, ਅਧਿਆਪਕਾਂ ਤੇ ਸਕੂਲ ਸਹਿਯੋਗੀ ਸਟਾਫ ਵੱਲੋਂ ਠੰਢੇ-ਮਿੱਠੇ ਜਲ ਦੀ ਛਬੀਲ ਤਿਆਰ ਕੀਤੀ ਗਈ ਤੇ ਵਰਤਾਈ ਗਈ। ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਪੂਰੀ ਸੇਵਾ ਭਾਵਨਾ ਨਾਲ ਰਾਹਗੀਰਾਂ ਨੂੰ ਛਬੀਲ ਪਿਲਾਈ ਗਈ।ਸਕੂਲ ਦੇ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਕੀਤੇ ਇਸ ਸੇਵਾ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਕਾਰਜਾਂ ਰਾਹੀਂ ਵਿਦਿਆਰਥੀਆਂ ਵਿੱਚ ਸੇਵਾ,ਨਿਮਰਤਾ ਅਤੇ ਧਾਰਮਿਕਤਾ ਜਿਹੇ ਗੁਣ ਵਿਕਸਿਤ ਹੁੰਦੇ ਹਨ। ਉਹਨਾਂ ਨੇ ਦੱਸਿਆ ਕਿ ਇਸ ਤੋਂ ਬਿਨਾਂ ਸਮੇਂ ਸਮੇਂ 'ਤੇ ਸਕੂਲ ਵੱਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ।
