Tuesday, November 5, 2024

ਦਰਸ਼ਨ ਸਿੰਘ ਚੌਹਾਨ,ਸੁਨਾਮ : ਰਾਜਿੰਦਰ ਦੀਪਾ ਦੀ ਅਗਵਾਈ ਹੇਠ ਐਸਡੀਐਮ ਦਫ਼ਤਰ ਅੱਗੇ ਦਿੱਤਾ ਧਰਨਾ

ਰਾਜਿੰਦਰ ਦੀਪਾ ਦੀ ਅਗਵਾਈ ਹੇਠ ਐਸਡੀਐਮ ਦਫ਼ਤਰ ਅੱਗੇ ਦਿੱਤਾ ਧਰਨਾ

ਕੇਂਦਰ ਅਤੇ ਸੂਬਾ ਸਰਕਾਰ ਕਿਸਾਨਾਂ ਨਾਲ ਕੱਢ ਰਹੀਆਂ ਨੇ ਕਿੜ-- ਦੀਪਾ

ਦਰਸ਼ਨ ਸਿੰਘ ਚੌਹਾਨ,ਸੁਨਾਮ : ਸੂਬੇ ਅੰਦਰ ਝੋਨੇ ਦੀ ਢਿੱਲੀ ਖ਼ਰੀਦ, ਮੰਡੀਆਂ ਵਿੱਚੋਂ ਲਿਫਟਿੰਗ ਨਾ ਹੋਣ ਅਤੇ ਡੀਏਪੀ ਖ਼ਾਦ ਦੀ ਘਾਟ ਦੇ ਮਾਮਲੇ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ ਆਦੇਸ਼ਾਂ ਤਹਿਤ ਮੰਗਲਵਾਰ ਨੂੰ ਸੁਨਾਮ ਵਿਖੇ ਹਲਕਾ ਇੰਚਾਰਜ਼ ਰਾਜਿੰਦਰ ਦੀਪਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਐਸਡੀਐਮ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੇ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਐਸਡੀਐਮ ਪ੍ਰਮੋਦ ਸਿੰਗਲਾ ਨੂੰ ਪੰਜਾਬ ਦੇ ਰਾਜਪਾਲ ਦੇ ਨਾਂਅ ਕਿਸਾਨਾਂ ਦੇ ਹੱਕਾਂ ਲਈ ਮੰਗ ਪੱਤਰ ਦਿੱਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ਼ ਰਾਜਿੰਦਰ ਦੀਪਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਦੀ ਢਿੱਲੀ ਖਰੀਦ ਤੇ ਚੁਕਾਈ ਅਤੇ ਡੀਏਪੀ ਖ਼ਾਦ ਦੀ ਘਾਟ ਲਈ ਕੇਂਦਰ ਅਤੇ ਸੂਬੇ ਦੀ ਭਗਵੰਤ ਮਾਨ ਸਰਕਾਰ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਨੇ ਝੋਨੇ ਦੀ ਖਰੀਦ ਸੁਚਾਰੂ ਬਣਾਉਣ ਲਈ ਅਗਾਊਂ ਪ੍ਰਬੰਧ ਨਹੀਂ ਕੀਤੇ ਜਿਸ ਕਾਰਨ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਸ਼ੈਲਰ ਸਨਅਤ ਨਾਲ ਜੁੜੇ ਕਾਰੋਬਾਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਝੋਨੇ ਦੀ ਖਰੀਦ ਮਾਮਲੇ ਵਿੱਚ ਤੁਰੰਤ ਧਿਆਨ ਦੇਣ ਨੂੰ ਯਕੀਨੀ ਬਣਾਉਣ ਤਾਂ ਜੋ ਕਿਸੇ ਵੀ ਧਿਰ ਨੂੰ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਕਿਸਾਨਾਂ ਨਾਲ ਕਿੜ ਕੱਢ ਰਹੀਆਂ ਹਨ। ਇਸ ਮੌਕੇ ਸ਼ਹਿਰੀ ਪ੍ਰਧਾਨ ਕੇਸਰ ਸਿੰਘ ਢੋਟ , ਦਰਸ਼ਨ ਸਿੰਘ ਚੀਮਾਂ, ਬਲਵਿੰਦਰ ਸਿੰਘ ਅਕਬਰਪੁਰ, ਦਰਬਾਰਾ ਸਿੰਘ ਚੀਮਾਂ, ਹਰਭਜਨ ਸਿੰਘ ਜਖੇਪਲ, ਦਰਸ਼ਨ ਸਿੰਘ ਬਿਜਲਪੁਰ, ਪ੍ਰਗਟ ਸਿੰਘ ਨਾਗਰਾ, ਜਸਪਾਲ ਸਿੰਘ, ਗੁਰਸੇਵਕ ਸਿੰਘ ਬਿਗੜਵਾਲ, ਦਵਿੰਦਰ ਸਿੰਘ, ਰਾਣਾ ਬਾਲਟੀਆਂ ਵਾਲਾ ਸਮੇਤ ਸੀਨੀਅਰ ਲੀਡਰਸ਼ਿਪ ਅਤੇ ਯੂਥ ਅਕਾਲੀ ਦਲ ਦੇ ਅਹੁਦੇਦਾਰ ਹਾਜ਼ਰ ਸਨ।

ਗੁਰਵਿੰਦਰ ਸਿੰਘ ਚਹਿਲ ਹੀਰੋਂ ਖ਼ੁਰਦ : ਅਧਿਆਪਕ ਮਸਲਿਆਂ ਨੂੰ ਲੈ ਕੇ ਜਥੇਬੰਦੀ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ : ਅਮਨਦੀਪ ਸ਼ਰਮਾ

ਅਧਿਆਪਕ ਮਸਲਿਆਂ ਨੂੰ ਲੈ ਕੇ ਜਥੇਬੰਦੀ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ : ਅਮਨਦੀਪ ਸ਼ਰਮਾ

ਪੁਰਾਣੀ ਪੈਨਸ਼ਨ ਬਹਾਲ ਕਰਨਾ, 2364,5994 ਭਰਤੀਆਂ ਪੂਰਾ ਕਰਨਾ, ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆ ਤਰੱਕੀਆਂ ਮੁੱਖ ਮੰਗਾਂ- ਗੁਰਜੰਟ ਸਿੰਘ ਬੱਛੋਆਣਾ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਮੁੱਖ ਅਧਿਆਪਕ ਅਤੇ ਕੇਂਦਰ ਮੁੱਖ ਅਧਿਆਪਕ ਜਥੇਬੰਦੀ ਪੰਜਾਬ ਵੱਲੋਂ ਪ੍ਰਾਇਮਰੀ ਅਧਿਆਪਕਾਂ ਦੇ ਮਸਲਿਆਂ ਦੇ ਹੱਲ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਹੈ। ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਪ੍ਰਧਾਨ ਅਮਨਦੀਪ ਸ਼ਰਮਾ,ਪ੍ਰਚਾਰਕ ਸਕੱਤਰ ਗੁਰਜੰਟ ਸਿੰਘ ਬੱਛੋਆਣਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੇ ਵੱਖ-ਵੱਖ ਵਿਸ਼ਿਆਂ ਦੀਆਂ ਤਰੱਕੀਆਂ ਪੈਂਡਿੰਗ ਪਈਆਂ ਹਨ। ਬਹੁਤੇ ਅਧਿਆਪਕ ਤਰੱਕੀਆਂ ਨੂੰ ਉਡੀਕਦੇ ਸੇਵਾ ਮੁਕਤ ਹੋ ਰਹੇ ਹਨ। ਉਹਨਾਂ ਕਿਹਾ ਕਿ ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਵੱਖ-ਵੱਖ ਵਿਸ਼ਿਆਂ ਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ।ਜਥੇਬੰਦੀ ਦੇ ਆਗੂ ਕੁਲਵਿੰਦਰ ਦਿਆਲਪੁਰਾ ਨੇ ਮੰਗ ਕੀਤੀ ਗਈ ਪੁਰਾਣੀ ਪੈਨਸ਼ਨ ਤੁਰੰਤ ਬਹਾਲ ਕੀਤੀ ਜਾਵੇ ਅਤੇ ਰਹਿੰਦੀਆਂ ਭਰਤੀਆਂ 2364,5994 ਚਾਰ ਹਲਕਿਆਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਤੁਰੰਤ ਪੂਰੀਆਂ ਕੀਤੀਆਂ ਜਾਣ।ਇਸ ਸਮੇਂ ਜੁਆਇੰਟ ਸਕੱਤਰ ਰਕੇਸ਼ ਗੋਇਲ ਬਰੇਟਾ ਨੇ ਮੰਗ ਕੀਤੀ ਕਿ ਹੈਡ ਟੀਚਰ ਦੀ ਪੋਸਟ ਪ੍ਰਬੰਧਕੀ ਪੋਸਟ ਐਲਾਨੀ ਜਾਵੇ ਸੈਂਟਰ ਪੱਧਰ ਤੇ ਕਲਰਕ ਦੀ ਪੋਸਟ ਅਤੇ ਮਿਡ ਡੇ ਮੀਲ ਦੀ ਰਾਸ਼ੀ ਵਿੱਚ ਵਾਧਾ ਕਰਨ ਦੀ ਮੰਗ ਰੱਖੀ।

ਗੁਰਵਿੰਦਰ ਸਿੰਘ ਚਹਿਲ ਹੀਰੋਂ ਖੁਰਦ : ਸਪੈਸ਼ਲ ਸੁਧਾਈ ਪ੍ਰੋਗਰਾਮ ਦੌਰਾਨ 9 ਤੇ 10 ਨਵੰਬਰ ਨੂੰ ਲਗਾਏ ਜਾਣਗੇ ਸਪੈਸ਼ਲ ਕੈਂਪ

ਸਪੈਸ਼ਲ ਸੁਧਾਈ ਪ੍ਰੋਗਰਾਮ ਦੌਰਾਨ 9 ਤੇ 10 ਨਵੰਬਰ ਨੂੰ ਲਗਾਏ ਜਾਣਗੇ ਸਪੈਸ਼ਲ ਕੈਂਪ

ਗੁਰਵਿੰਦਰ ਸਿੰਘ ਚਹਿਲ ਹੀਰੋਂ ਖੁਰਦ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਜਾਰੀ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ ਯੋਗਤਾ ਮਿਤੀ 1 ਜਨਵਰੀ 2025 ਦੇ ਆਧਾਰਤ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਮਾਨਸਾ ਜ਼ਿਲ੍ਹੇ ਅੰਦਰ ਬੀਤੇ ਦਿਨੀਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤੀ ਗਈ।ਉਨ੍ਹਾਂ ਦੱਸਿਆ ਕਿ ਸਪੈਸ਼ਲ ਸੁਧਾਈ ਦੌਰਾਨ 9 ਤੇ 10 ਨਵੰਬਰ 2024 ਨੂੰ ਸਪੈਸ਼ਲ ਕੈਂਪ ਲਗਾਏ ਜਾਣਗੇ। ਜਿਨ੍ਹਾਂ ਵਿੱਚ ਬੀ.ਐਲ.ਓਜ਼ ਆਪਣੇ ਨਾਲ ਸਬੰਧਤ ਪੋਲਿੰਗ ਸਟੇਸ਼ਨਾਂ ’ਤੇ ਬੈਠ ਕੇ ਡਰਾਫਟ ਵੋਟਰ ਸੂਚੀ ਦੇ ਅਧਾਰ ’ਤੇ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ। ਇਸ ਉਪਰੰਤ 23 ਅਤੇ 24 ਨਵੰਬਰ 2024 ਨੂੰ ਵੀ ਇਹ ਸਪੈਸ਼ਲ ਕੈਂਪ ਲਗਾਏ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਉਕਤ ਮਿਤੀਆਂ ਨੂੰ ਬੀ.ਐਲ.ਓਜ਼ ਵੱਲੋਂ ਆਪਣੇ ਬੂਥਾਂ ’ਤੇ ਬੈਠ ਕੇ ਵੋਟਰ ਸੂਚੀ ਦੀ ਸੁਧਾਈ ਸਬੰਧੀ ਫਾਰਮ ਭਰੇ ਜਾਣੇ ਹਨ।ਉਨ੍ਹਾਂ ਦੱਸਿਆ ਕਿ ਜੋ ਵੀ ਵਿਅਕਤੀ ਮਿਤੀ 1 ਜਨਵਰੀ 2025 ਨੂੰ 18 ਸਾਲ ਜਾਂ ਇਸ ਤੋਂ ਵੱਧ ਦੀ ਉਮਰ ਪੂਰੀ ਕਰਦਾ ਹੈ, ਤਾਂ ਉਹ ਉਕਤ ਮਿਤੀਆਂ ਨੂੰ ਆਪਣੇ ਪੋਲਿੰਗ ਸਟੇਸ਼ਨ ਤੇ ਜਾ ਕੇ ਸਬੰਧਤ ਬੀ.ਐਲ.ਓ. ਕੋਲ ਫਾਰਮ ਨੰਬਰ 6 ਜਮ੍ਹਾਂ ਕਰਵਾ ਕੇ ਆਪਣੀ ਵੋਟ ਬਣਵਾ ਸਕਦਾ ਹੈ। ਇਸ ਤੋਂ ਇਲਾਵਾ ਫਾਰਮ ਨੰਬਰ 7 ਭਰਕੇ ਵੋਟ ਕਟਵਾਈ ਜਾ ਸਕਦੀ ਹੈ ਅਤੇ ਫਾਰਮ ਨੰਬਰ 8 ਭਰਕੇ ਆਪਣੀ ਪਹਿਲਾਂ ਰਜਿਸਟਰਡ ਵੋਟ ਵਿੱਚ ਸੋਧ ਕਰਵਾਈ ਜਾ ਸਕਦੀ ਹੈ।

Monday, November 4, 2024

ਦਰਸ਼ਨ ਸਿੰਘ ਚੌਹਾਨ,ਸੁਨਾਮ : ਕੈਬਨਿਟ ਮੰਤਰੀ ਅਮਨ ਅਰੋੜਾ ਨੇ 8 ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗਿਆਰਾਂ ਲੱਖ ਦੇ ਚੈੱਕ ਸੌਂਪੇ

ਕੈਬਨਿਟ ਮੰਤਰੀ ਅਮਨ ਅਰੋੜਾ ਨੇ 8 ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 11 ਲੱਖ ਦੇ ਚੈੱਕ ਸੌਂਪੇ 

ਕਿਹਾ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਵੇਗੀ 

ਦਰਸ਼ਨ ਸਿੰਘ ਚੌਹਾਨ,ਸੁਨਾਮ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕਾ ਸੁਨਾਮ ਅਧੀਨ ਆਉਂਦੀਆਂ 8 ਪੰਚਾਇਤਾਂ ਬਿਗੜਵਾਲ, ਭਰੂਰ, ਸ਼ੇਰੋਂ, ਚੌਵਾਸ , ਘਾਸੀਵਾਲਾ , ਜਗਤਪੁਰਾ, ਸਿੰਘਪੁਰਾ ਅਤੇ ਸ਼ਾਹਪੁਰ ਕਲਾਂ ਦੇ ਵਿਕਾਸ ਕਾਰਜਾਂ ਲਈ ਸਰਪੰਚਾਂ ,ਪੰਚਾਂ ਨੂੰ 11 ਲੱਖ ਰੁਪਏ ਦੇ ਚੈੱਕ ਸੌਂਪੇ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਦੀਆਂ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ , ਪੰਚਾਇਤਾਂ ਦੇ ਨਵੇਂ ਬਣੇ ਸਰਪੰਚ ਸਰਕਾਰ ਵੱਲੋਂ ਜਾਰੀ ਕੀਤੀਆਂ ਜਾਣ ਵਾਲੀਆਂ ਗਰਾਂਟਾਂ ਦੇ ਸਦਉਪਯੋਗ ਨੂੰ ਯਕੀਨੀ ਬਣਾਉਣ। ਅਮਨ ਅਰੋੜਾ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਅੱਜ ਸੰਕੇਤਕ ਸ਼ੁਰੂਆਤ ਕੀਤੀ ਗਈ ਹੈ , ਆਉਣ ਵਾਲੇ ਦਿਨਾਂ ਵਿੱਚ ਹੋਰਨਾਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਦਿੱਤੀਆਂ ਜਾਣਗੀਆਂ। ਉਹਨਾਂ ਨੇ ਨਵੀਆਂ ਬਣੀਆਂ ਪੰਚਾਇਤਾਂ ਨੂੰ ਆਪਣੀ ਜਿੰਮੇਵਾਰੀ ਪੂਰੀ ਸਮਰਪਣ ਭਾਵਨਾ, ਇਮਾਨਦਾਰੀ ਨਾਲ ਨਿਭਾਉਣ ਦਾ ਸੱਦਾ ਦਿੱਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਦਾ ਸਹੁੰ ਚੁੱਕ ਸਮਾਗਮ ਹਾਲੇ ਹੋਣਾ ਹੈ ਪਰ ਵਿਕਾਸ ਕਾਰਜਾਂ ਲਈ ਗਰਾਂਟ ਦੇਣ ਦਾ ਮਕਸਦ ਇਹ ਹੈ ਕਿ ਗ੍ਰਾਮ ਪੰਚਾਇਤਾਂ ਵਿੱਚ ਜ਼ਿੰਮੇਵਾਰੀ ਦੀ ਭਾਵਨਾ ਨੂੰ ਵਧੇਰੇ ਮਜਬੂਤ ਕੀਤਾ ਜਾਵੇ ਤਾਂ ਜੋ ਸਾਰੇ ਹੀ ਪੰਚ ਅਤੇ ਸਰਪੰਚ, ਇੱਕ ਵਧੀਆ ਟੀਮ ਵਜੋਂ ਕੰਮ ਕਰਦੇ ਹੋਏ ਪਿੰਡ ਨੂੰ ਹਰ ਪੱਖੋਂ ਸਰਵੋਤਮ ਬਣਾਉਣ ਦੀ ਦਿਸ਼ਾ ਵਿੱਚ ਯੋਗਦਾਨ ਪਾ ਸਕਣ। ਇਸ ਮੌਕੇ ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਸਮੇਤ ਉਕਤ ਪਿੰਡਾਂ ਦੇ ਸਰਪੰਚ ਅਤੇ ਪੰਚ ਹਾਜ਼ਰ ਸਨ।

Sunday, November 3, 2024

ਦਰਸਨ ਸਿੰਘ ਚੌਹਾਨ,ਸੁਨਾਮ : ਰਾਜਾ ਬੀਰ ਕਲਾਂ ਦੀ ਡਿਊਟੀ ਜ਼ਿਮਨੀ ਚੋਣ 'ਚ ਲਾਈ

ਰਾਜਾ ਬੀਰ ਕਲਾਂ ਦੀ ਡਿਊਟੀ ਜ਼ਿਮਨੀ ਚੋਣ 'ਚ ਲਾਈ

ਕਾਂਗਰਸ ਉਮੀਦਵਾਰ ਦੀ ਜਿੱਤ ਲਈ ਡਟ ਕੇ ਕਰਾਂਗੇ ਕੰਮ : ਬੀਰ ਕਲਾਂ

ਦਰਸ਼ਨ ਸਿੰਘ ਚੌਹਾਨ, ਸੁਨਾਮ : ਵਿਧਾਨ ਸਭਾ ਹਲਕਾ ਸੁਨਾਮ ਨਾਲ ਸਬੰਧਿਤ ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਦੀ ਡਿਊਟੀ ਕਾਂਗਰਸ ਹਾਈਕਮਾਨ ਨੇ ਬਰਨਾਲਾ ਜ਼ਿਮਨੀ ਚੋਣ 'ਚ ਲਾਈ ਹੈ। ਬੀਰ ਕਲਾਂ ਨੇ ਆਪਣੇ ਸਾਥੀਆਂ ਨਾਲ ਜ਼ਿੰਮੇਵਾਰੀ ਸੰਭਾਲ ਲਈ ਹੈ। ਕਾਂਗਰਸ ਆਗੂ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਨੇ ਦੱਸਿਆ ਕਿ ਕਾਂਗਰਸ ਹਾਈਕਮਾਨ ਨੇ ਉਨ੍ਹਾਂ ਨੂੰ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਪ੍ਰਚਾਰ ਕਰਨ ਲਈ ਜ਼ਿੰਮੇਵਾਰੀ ਸੌਂਪੀ ਹੈ। ਉਹ ਆਪਣੇ ਸਾਥੀਆਂ ਨਾਲ ਹਲਕੇ ਦੇ ਪਿੰਡ ਕੱਟੂ ਵਿਖੇ ਪਾਰਟੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿਲੋਂ ਦੇ ਪੱਖ ਵਿੱਚ ਚੋਣ ਸਰਗਰਮੀਆਂ ਵਿੱਢਣਗੇ। ਰਾਜਾ ਬੀਰ ਕਲਾਂ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖਿਲਾਫ ਹਲਕੇ ਦੇ ਵੋਟਰ ਕਾਂਗਰਸ ਉਮੀਦਵਾਰ ਦੇ ਹੱਕ ਵਿੱਚ ਫਤਵਾ ਦੇਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਰਾਜ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਿਸ ਕਾਰਨ ਮੌਜੂਦਾ ਸਮੇਂ ਹਰ ਵਰਗ ਭਗਵੰਤ ਮਾਨ ਸਰਕਾਰ ਤੋਂ ਨਾਖ਼ੁਸ਼ ਦਿਖਾਈ ਦੇ ਰਿਹਾ ਹੈ। ਉਨ੍ਹਾਂ ਆਖਿਆ ਕਿ ਸੂਬੇ ਦੀ ਜਨਤਾ ਰਾਜ ਅੰਦਰ ਹੋ ਰਹੀਆਂ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰਾਂ ਨੂੰ ਜਿਤਾਉਣਗੇ।ਉਨ੍ਹਾਂ ਕਿਹਾ ਕਿ ਬਰਨਾਲਾ ਵਿਧਾਨ ਸਭਾ ਹਲਕੇ ਦੇ ਵੋਟਰ ਇੱਕ ਆਮ ਕਾਂਗਰਸੀ ਵਰਕਰ ਕਾਲਾ ਢਿੱਲੋਂ ਨੂੰ ਜਿੱਤ ਦਿਵਾਕੇ ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹਾਉਣਗੇ।ਇਸ ਜਿੱਤ ਨਾਲ ਵਰਕਰਾਂ ਦੇ ਮਾਣ ਸਨਮਾਨ ਵਿੱਚ ਵਾਧਾ ਹੋਵੇਗਾ।

ਦਰਸ਼ਨ ਸਿੰਘ ਚੌਹਾਨ, ਸੁਨਾਮ : ਗੁਰੂਆਂ ਦੇ ਦਰਸਾਏ ਮਾਰਗ ਤੇ ਚੱਲਣ ਦਾ ਸੱਦਾ

 ਗੁਰੂਆਂ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ 

ਗੁਰਦੁਆਰਾ ਇਮਲੀ ਸਾਹਿਬ ਵਿਖੇ ਬੰਦੀਛੋੜ ਦਿਵਸ ਮਨਾਇਆ 

ਦਰਸ਼ਨ ਸਿੰਘ ਚੌਹਾਨ, ਸੁਨਾਮ : ਸਤਿਗੁਰ ਬੰਦੀਛੋੜੁ ਹੈ ਜੀਵਣ ਮੁਕਤਿ ਕਰੈ ਓਡੀਣਾ, ਦੇ ਉਦੇਸ਼ਾਂ ਦੀ ਪੂਰਤੀ ਹਿੱਤ ਗੁਰਦੁਆਰਾ ਇਮਲੀ ਸਾਹਿਬ ਸੁਨਾਮ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੰਦੀਛੋੜ ਦਿਵਸ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਇਮਲੀ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸਰਬਜੀਤ ਸਿੰਘ ਕੋਹਲੀ, ਕਾਨੂੰਨਗੋ ਗੁਰਮੇਜ ਸਿੰਘ ਸਕੱਤਰ, ਖਜਾਨਚੀ ਨੱਥਾ ਸਿੰਘ ਸਾਗੂ, ਸਰਪ੍ਰਸਤ ਡਾਕਟਰ ਬਲਦੇਵ ਸਿੰਘ ਚਹਿਲ, ਗੁਰਜੰਟ ਸਿੰਘ ਮੈਂਬਰ, ਗੁਰਪ੍ਰੀਤ ਸਿੰਘ ਮੁੱਖ ਗ੍ਰੰਥੀ, ਭਾਈ ਹਰਪ੍ਰੀਤ ਸਿੰਘ ਰਾਗੀ ਅਤੇ ਭਾਈ ਸੰਦੀਪ ਸਿੰਘ ਸੇਵਾਦਾਰ ਆਦਿ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ 52 ਕੈਦੀ ਰਾਜਿਆਂ ਨੂੰ ਗਵਾਲੀਅਰ ਦੇ ਕਿਲ੍ਹੇ ਵਿੱਚੋਂ ਰਿਹਾਅ ਕਰਵਾਕੇ ਮਨੁੱਖਤਾ ਲਈ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਸੰਗਤਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਤੇ ਚੱਲਕੇ ਆਪਣੇ ਮੂਲ ਉਦੇਸ਼ਾਂ ਤੇ ਪਹਿਰਾ ਦੇਣਾ ਚਾਹੀਦਾ ਹੈ ਤਾਂ ਜੋ ਨੌਜ਼ਵਾਨ ਪੀੜ੍ਹੀ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿਕੇ ਮਨੁੱਖਤਾ ਦੀ ਭਲਾਈ ਲਈ ਕਾਰਜਸ਼ੀਲ ਰਹਿਣ। ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਦਿੱਤੀ।

ਫਾਈਲ 2- ਗੁਰਦੁਆਰਾ ਸੁਨਾਮ

Friday, November 1, 2024

ਦਰਸ਼ਨ ਸਿੰਘ ਚੌਹਾਨ,ਸੁਨਾਮ : ਬਾਹਰੀ ਸੂਬਿਆਂ ਤੋਂ ਆ ਰਹੇ ਝੋਨੇ 'ਤੇ ਲੱਗੇ ਰੋਕ

ਬਾਹਰੀ ਸੂਬਿਆਂ ਤੋਂ ਆ ਰਹੇ ਝੋਨੇ 'ਤੇ ਲੱਗੇ ਰੋਕ

ਪੰਜਾਬ ਦੇ ਕਿਸਾਨਾਂ ਦੀ ਖੱਜਲ ਖ਼ੁਆਰੀ ਨਹੀਂ ਕਰਾਂਗੇ ਬਰਦਾਸ਼ਤ : ਗੰਢੂਆਂ

ਦਰਸ਼ਨ ਸਿੰਘ ਚੌਹਾਨ, ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਬਾਹਰੀ ਸੂਬਿਆਂ ਤੋਂ ਆ ਰਹੇ ਝੋਨੇ ਤੇ ਤੁਰੰਤ ਰੋਕ ਲਾਈ ਜਾਵੇ। ਜਥੇਬੰਦੀ ਦਾ ਤਰਕ ਹੈ ਕਿ ਸਸਤੇ ਭਾਅ ਤੇ ਲਿਆਂਦਾ ਝੋਨਾ ਮੰਡੀਆਂ ਵਿੱਚ ਵਿਕ ਰਿਹਾ ਹੈ ਜਦਕਿ ਪੰਜਾਬ ਦਾ ਕਿਸਾਨ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਰੁਲ ਰਿਹਾ ਹੈ। ਝੋਨੇ ਦੀ ਨਿਰਵਿਘਨ ਖ਼ਰੀਦ ਅਤੇ ਚੁਕਾਈ ਦੀ ਮੰਗ ਸਮੇਤ ਹੋਰਨਾਂ ਮੰਗਾਂ ਨੂੰ ਲੈਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੁਨਾਮ ਵਿਖੇ ਜਥੇਬੰਦੀ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਦਿੱਤੇ ਜਾ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਯਾਦਵਿੰਦਰ ਸਿੰਘ ਚੱਠਾ, ਮਨੀ ਸਿੰਘ ਭੈਣੀ, ਪਾਲ ਸਿੰਘ ਦੌਲਾ ਸਿੰਘ ਵਾਲਾ, ਮਹਿੰਦਰ ਸਿੰਘ ਨਮੋਲ, ਮਨਜੀਤ ਕੌਰ ਤੋਲਾਵਾਲ ਅਤੇ ਰਾਜਿੰਦਰ ਸਿੰਘ ਚੀਮਾਂ ਨੇ ਕਿਹਾ ਕਿ ਸਰਕਾਰਾਂ ਅਤੇ ਪ੍ਰਸ਼ਾਸਨ ਦੇ ਨੱਕ ਹੇਠ ਬਾਹਰੀ ਸੂਬਿਆਂ ਤੋਂ ਸਸਤੇ ਭਾਅ ਝੋਨਾ ਲਿਆਕੇ ਪੰਜਾਬ ਦੀਆਂ ਮੰਡੀਆਂ ਵਿੱਚ ਘੱਟੋ ਘੱਟ ਸਮਰਥਨ ਮੁੱਲ ਤੇ ਵੇਚਿਆ ਜਾ ਰਿਹਾ ਹੈ ਜਦਕਿ ਪੰਜਾਬ ਦਾ ਕਿਸਾਨ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਰੁਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਵਰਤਾਰਾ ਸੁਨਾਮ ਦੀ ਅਨਾਜ਼ ਮੰਡੀ ਵਿੱਚ ਵੀ ਬੇਖੌਫ ਹੋ ਕੇ ਚੱਲ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪਹਿਲੀ ਅਕਤੂਬਰ ਤੋਂ ਸਰਕਾਰੀ ਖਰੀਦ ਸ਼ੁਰੂ ਹੋਣ ਦੇ ਬਾਵਜੂਦ ਅੱਜ ਪੂਰਾ ਇੱਕ ਮਹੀਨਾ ਹੋ ਗਿਆ ਪਰ ਮੰਡੀਆਂ ਵਿੱਚ ਪੁੱਤਾਂ ਵਾਂਗ ਪਾਲਿਆ ਹੋਇਆ ਝੋਨਾ ਨਾ ਵਿਕਣ ਕਾਰਨ ਰੁਲ ਰਿਹਾ ਹੈ, ਕਿਸਾਨ ਦਿਵਾਲੀ ਦੇ ਤਿਉਹਾਰ ਮੌਕੇ ਵੀ ਮੰਡੀਆਂ ਵਿੱਚ ਰੁਲ ਰਹੇ ਹਨ ਅਤੇ ਪੰਜਾਬ ਦੇ ਮੰਤਰੀਆਂ ਅਤੇ ਟੋਲ ਪਲਾਜਿਆਂ ਤੇ ਲੱਗੇ ਮੋਰਚਿਆਂ ਵਿੱਚ ਹਾਜ਼ਰੀ ਭਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਬਾਹਰੀ ਸੂਬਿਆਂ ਤੋਂ ਲਿਆਂਦਾ ਝੋਨਾ ਮੰਡੀਆਂ ਵਿੱਚ ਐਮ ਐਸ ਪੀ ਤੇ ਵਿਕੇਗਾ ਤਾਂ ਪੰਜਾਬ ਦੇ ਕਿਸਾਨਾਂ ਦੀ ਖੱਜਲ ਖ਼ੁਆਰੀ ਵਧੇਗੀ। ਉਨ੍ਹਾਂ ਕਿਹਾ ਕਿ ਬਾਹਰੀ ਰਾਜਾਂ ਤੋਂ ਆਇਆ ਝੋਨਾ ਜ਼ਿਆਦਾਤਰ ਝੋਨਾ ਕਥਿਤ ਤੌਰ ਤੇ ਬਿਨਾਂ ਕਿਸੇ ਲਿਖਤ ਤੋਂ ਵਿਕ ਰਿਹਾ ਹੈ ਇਸ ਨਾਲ ਸਰਕਾਰ ਨੂੰ ਵੀ ਟੈਕਸ ਦੇ ਰੂਪ ਵਿੱਚ ਚੂਨਾ ਲਾਇਆ ਜਾ ਰਿਹਾ ਹੈ, ਅਜਿਹੇ ਵਰਤਾਰੇ ਵਿੱਚ ਕੁੱਝ ਇੱਕ ਨਾਮਵਰ ਰਾਜਨੀਤਕ ਵਿਅਕਤੀਆਂ ਦੇ ਸ਼ਾਮਿਲ ਹੋਣ ਦੀ ਪੁਖਤਾ ਜਾਣਕਾਰੀ ਮਿਲੀ ਹੈ, ਉਨ੍ਹਾਂ ਦਾ ਸਬੰਧ ਆੜਤ ਦੇ ਕਾਰੋਬਾਰ ਨਾਲ ਸਬੰਧਿਤ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਉਕਤ ਮਾਮਲੇ ਨੂੰ ਠੱਲ੍ਹ ਨਾ ਪਾਈ ਤਾਂ ਸੰਘਰਸ਼ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮੰਗ ਕੀਤੀ ਹੈ ਕਿ ਝੋਨੇ ਦੀ ਨਮੀ 17 ਤੋਂ ਵਧਾਕੇ 22 ਫ਼ੀਸਦੀ ਕਰਨ ਦੀ ਮੰਗ ਵੀ ਕੀਤੀ ਹੈ।